ਨਵੀਂ ਦਿੱਲੀ/ਪੰਜਾਬ ਪੋਸਟ
ਦੇਸ਼ ਭਰ ਵਿੱਚ ਹਾਹਾਕਾਰ ਮਚਾਉਣ ਵਾਲੇ ਨੀਟ-ਯੂ.ਜੀ. ਪ੍ਰੀਖਿਆ ਪੇਪਰ ਲੀਕ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ) ਵੱਲੋਂ ਇੱਕ ਬਹੁਤ ਵੱਡਾ ਕਦਮ ਚੁੱਕਦਿਆਂ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵਿੱਚ ਵਿਸਤਾਰਤ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਗਈ ਹੈ। ਜਾਂਚ ਏਜੰਸੀ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 13 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ, ਜਿਨ੍ਹਾਂ ਵਿੱਚ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ) ਦੇ ਤਿੰਨ ਵਿਸ਼ਾ ਮਾਹਿਰ ਵੀ ਸ਼ਾਮਲ ਹਨ।
ਸੀ.ਬੀ.ਆਈ. ਵੱਲੋਂ ਦਾਖ਼ਲ ਕੀਤੀ ਗਈ ਇਸ ਚਾਰਜਸ਼ੀਟ ਵਿੱਚ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਅਮਾਨਤ ਵਿੱਚ ਖ਼ਿਆਨਤ ਅਤੇ ਸਬੂਤ ਨਸ਼ਟ ਕਰਨ ਸਮੇਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਜਨਤਕ ਪ੍ਰੀਖਿਆ (ਬੇਈਵਾਜਾ ਸਾਧਨਾਂ ਦੀ ਰੋਕਥਾਮ) ਐਕਟ, 2024 ਦੇ ਤਹਿਤ ਗੰਭੀਰ ਦੋਸ਼ ਲਗਾਏ ਗਏ ਹਨ। ਜਾਂਚ ਏਜੰਸੀ ਨੇ ਆਪਣੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਚਾਰਜਸ਼ੀਟ ਵਿੱਚ 360 ਗਵਾਹਾਂ, 422 ਦਸਤਾਵੇਜ਼ਾਂ ਅਤੇ 43 ਭੌਤਿਕ ਵਸਤੂਆਂ ਨੂੰ ਸਬੂਤ ਵਜੋਂ ਸ਼ਾਮਲ ਕੀਤਾ ਹੈ। ਸਾਰੇ 13 ਮੁਲਜ਼ਮ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ।
ਜ਼ਿਕਰਯੋਗ ਹੈ ਕਿ ਉੱਚ ਸਿੱਖਿਆ ਵਿਭਾਗ ਵੱਲੋਂ 12 ਮਈ ਨੂੰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਸੀ.ਬੀ.ਆਈ. ਨੇ ਉਸੇ ਦਿਨ ਐੱਫ.ਆਈ.ਆਰ. ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਏਜੰਸੀ ਮੁਤਾਬਕ ਮਹਾਰਾਸ਼ਟਰ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਸਮੇਤ 92 ਥਾਵਾਂ ’ਤੇ ਛਾਪੇਮਾਰੀ ਕਰਕੇ ਡਿਜੀਟਲ ਉਪਕਰਣ ਅਤੇ ਅਹਿਮ ਦਸਤਾਵੇਜ਼ ਜ਼ਬਤ ਕੀਤੇ ਗਏ ਸਨ। ਚਾਰਜਸ਼ੀਟ ਵਿੱਚ ਐਨ.ਟੀ.ਏ. ਦੇ ਜਿਹੜੇ ਤਿੰਨ ਵਿਸ਼ਾ ਮਾਹਿਰਾਂ (ਜੀਵ ਵਿਗਿਆਨ, ਰਸਾਇਣ ਵਿਗਿਆਨ ਅਤੇ ਪਦਾਰਥ ਵਿਗਿਆਨ) ਨੂੰ ਨਾਮਜ਼ਦ ਕੀਤਾ ਗਿਆ ਹੈ, ਉਨ੍ਹਾਂ ’ਤੇ ਪ੍ਰਸ਼ਨ ਪੱਤਰ ਲੀਕ ਕਰਨ ਵਿੱਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਇਸ ਤੋਂ ਇਲਾਵਾ ਕੋਚਿੰਗ ਸੰਸਥਾਵਾਂ ਦੇ ਮਾਲਕਾਂ ਅਤੇ ਵਿਚੋਲਿਆਂ ਨੂੰ ਵੀ ਇਸ ਸਿੰਡੀਕੇਟ ਵਿੱਚ ਸ਼ਾਮਲ ਪਾਇਆ ਗਿਆ ਹੈ।
ਸੀ.ਬੀ.ਆਈ. ਨੇ ਸਪੱਸ਼ਟ ਕੀਤਾ ਹੈ ਕਿ ਇਸ ਮਾਮਲੇ ਵਿੱਚ ਡਿਜੀਟਲ ਫੋਰੈਂਸਿਕ ਰਿਪੋਰਟਾਂ ਅਤੇ ਵਿਗਿਆਨਕ ਸਬੂਤਾਂ ਤੋਂ ਸਪੱਸ਼ਟ ਹੋ ਗਿਆ ਹੈ ਕਿ ਪ੍ਰੀਖਿਆ ਤੋਂ ਪਹਿਲਾਂ ਹੀ ਪ੍ਰਸ਼ਨ ਪੱਤਰ ਯੋਜਨਾਬੱਧ ਤਰੀਕੇ ਨਾਲ ਸਰਕੁਲੇਟ ਕੀਤੇ ਗਏ ਸਨ। ਏਜੰਸੀ ਵੱਲੋਂ ਇਸ ਮਾਮਲੇ ਵਿੱਚ ਅੱਗੇ ਦੀ ਜਾਂਚ ਅਤੇ ਫੋਰੈਂਸਿਕ ਵਿਸ਼ਲੇਸ਼ਣ ਅਜੇ ਵੀ ਜਾਰੀ ਰੱਖਿਆ ਗਿਆ ਹੈ ਤਾਂ ਜੋ ਇਸ ਸਾਜ਼ਿਸ਼ ਨਾਲ ਜੁੜੇ ਹੋਰਨਾਂ ਚਿਹਰਿਆਂ ਨੂੰ ਵੀ ਬੇਨਕਾਬ ਕੀਤਾ ਜਾ ਸਕੇ।
ਨੀਟ-ਯੂ.ਜੀ. ਪੇਪਰ ਲੀਕ ਮਾਮਲਾ: ਸੀ.ਬੀ.ਆਈ. ਵੱਲੋਂ ਰਾਊਜ਼ ਐਵੇਨਿਊ ਕੋਰਟ ਵਿੱਚ 13 ਮੁਲਜ਼ਮਾਂ ਵਿਰੁੱਧ ਚਾਰਜਸ਼ੀਟ ਦਾਖ਼ਲ, ਤਿੰਨ ਐਨ.ਟੀ.ਏ. ਮਾਹਿਰ ਵੀ ਸ਼ਾਮਲ

Published:






