ਪਟਿਆਲਾ/ਪੰਜਾਬ ਪੋਸਟ :
ਪੰਜਾਬ ਵਿੱਚ ਪਟਿਆਲਾ ਨਗਰ ਨਿਗਮ ਅਤੇ ਮੋਗਾ ਜ਼ਿਲ੍ਹੇ ਦੀਆਂ ਧਰਮਕੋਟ ਤੇ ਬਾਘਾਪੁਰਾਣਾ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਪ੍ਰੋਗਰਾਮ ਐਲਾਨ ਦਿੱਤਾ ਗਿਆ ਹੈ। ਇਨ੍ਹਾਂ ਥਾਵਾਂ ’ਤੇ 28 ਨਵੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ। ਉਮੀਦਵਾਰ 13 ਨਵੰਬਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 19 ਨਵੰਬਰ ਹੈ। 20 ਨਵੰਬਰ ਨੂੰ ਕਾਗਜ਼ਾਂ ਦੀ ਜਾਂਚ ਹੋਵੇਗੀ ਅਤੇ 21 ਨਵੰਬਰ ਨੂੰ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਚੋਣਾਂ ਪਟਿਆਲਾ ਦੇ 28 ਵਾਰਡਾਂ, ਬਾਘਾਪੁਰਾਣਾ ਦੇ 15 ਅਤੇ ਧਰਮਕੋਟ ਦੇ 7 ਵਾਰਡਾਂ ਵਿੱਚ ਕਰਵਾਈਆਂ ਜਾਣਗੀਆਂ। ਇਹ ਮੁੜ ਚੋਣਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਕਰਵਾਈਆਂ ਜਾ ਰਹੀਆਂ ਹਨ। ਅਦਾਲਤ ਨੇ ਪਹਿਲੀਆਂ ਚੋਣਾਂ ਦੌਰਾਨ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ ’ਤੇ ਇਨ੍ਹਾਂ ਵਾਰਡਾਂ ਦੀਆਂ ਚੋਣਾਂ ਰੱਦ ਕਰਕੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਸਨ।







