ਨਵੀਂ ਦਿੱਲੀ/ਪੰਜਾਬ ਪੋਸਟ :
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾਵਾਂ ਨੂੰ ਲੋਕ ਸਭਾ ਅਤੇ ਸੂਬਾਈ ਵਿਧਾਨ ਸਭਾਵਾਂ ਵਿੱਚ ਰਾਖਵਾਂਕਰਨ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਹੈ ਕਿ ਸਰਕਾਰ ਇਸ ਰਾਹ ਵਿੱਚ ਆਉਣ ਵਾਲੀਆਂ ਸਾਰੀਆਂ ਰੁਕਾਵਟਾਂ ਦੂਰ ਕਰੇਗੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਸਿਆਸੀ ਨੁਮਾਇੰਦਗੀ ਵਧਾਉਣ ਦੀ ਮੰਗ ਦਹਾਕਿਆਂ ਪੁਰਾਣੀ ਹੈ ਅਤੇ ਸਰਕਾਰ ਆਪਣੇ ਇਸ ਸੰਕਲਪ ’ਤੇ ਕਾਇਮ ਹੈ। ਮੋਦੀ ਦਾ ਇਹ ਬਿਆਨ ਡੀਐੱਮਕੇ ਅਤੇ ਐੱਨਸੀਪੀ (ਸ਼ਰਦ ਪਵਾਰ ਧੜੇ) ਵੱਲੋਂ ਮੁੜ ਤਿਆਰ ਕੀਤੇ ਮਹਿਲਾ ਰਾਖਵਾਂਕਰਨ ਤੇ ਹੱਦਬੰਦੀ ਬਿੱਲਾਂ ਨੂੰ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ਆਇਆ ਹੈ। ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਕਿ ਇਹ ਬਿੱਲ 30 ਨਵੰਬਰ ਤੋਂ 3 ਦਸੰਬਰ ਤੱਕ ਹੋਣ ਵਾਲੇ ਸੰਸਦ ਸੈਸ਼ਨ ਦੌਰਾਨ ਪਾਸ ਹੋ ਸਕਦੇ ਹਨ। ਦੂਜੇ ਪਾਸੇ, ਕਾਂਗਰਸ ਦੀ ਅਗਵਾਈ ਵਾਲੇ ਵਿਰੋਧੀ ਗੱਠਜੋੜ ਦੇ ਆਗੂਆਂ ਨੇ ਬਿੱਲਾਂ ਬਾਰੇ ਆਪਣਾ ਰੁਖ਼ ਤੈਅ ਕਰਨ ਲਈ ਦਿੱਲੀ ਵਿੱਚ ਮੀਟਿੰਗ ਕੀਤੀ।







