ਲੁਧਿਆਣਾ/ਪੰਜਾਬ ਪੋਸਟ
ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਕੇਂਦਰੀ ਜਾਂਚ ਬਿਊਰੋ ਯਾਨੀ ਕਿ ਸੀ.ਬੀ.ਆਈ. ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਚੰਡੀਗੜ੍ਹ ਸਮਾਰਟ ਸਿਟੀ ਲਿਮਟਿਡ ਅਤੇ ਨਗਰ ਨਿਗਮ ਦੇ ਫੰਡਾਂ ਵਿੱਚ ਹੋਈ ਕਰੋੜਾਂ ਰੁਪਏ ਦੀ ਹੇਰਾਫੇਰੀ ਅਤੇ ਆਈ.ਡੀ.ਐੱਫ.ਸੀ. ਫਸਟ ਬੈਂਕ ਖਾਤਿਆਂ ਨਾਲ ਜੁੜੇ ਘਪਲੇ ਦੇ ਸਿਲਸਿਲੇ ਵਿੱਚ ਕੀਤੀ ਗਈ ਹੈ। ਜਾਂਚ ਏਜੰਸੀ ਵੱਲੋਂ ਇਸ ਮਾਮਲੇ ਵਿੱਚ ਸ਼ੱਕੀ ਲਾਭਪਾਤਰੀਆਂ, ਸਰਕਾਰੀ ਅਧਿਕਾਰੀਆਂ ਅਤੇ ਨਿੱਜੀ ਅਦਾਰਿਆਂ ਨਾਲ ਜੁੜੇ ਕਰੀਬ 5 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇ ਮਾਰੇ ਗਏ ਹਨ।
ਇਸ ਤਲਾਸ਼ੀ ਮੁਹਿੰਮ ਦੌਰਾਨ ਸੀ.ਬੀ.ਆਈ. ਨੇ ਮੌਕੇ ਤੋਂ ਕਈ ਅਹਿਮ ਦਸਤਾਵੇਜ਼, ਡਿਜੀਟਲ ਸਟੋਰੇਜ ਡਰਾਈਵਾਂ, ਇਲੈਕਟ੍ਰਾਨਿਕ ਗੈਜੇਟਸ, ਡਿਜੀਟਲ ਦਸਤਖ਼ਤ ਅਤੇ ਜਾਇਦਾਦ ਨਾਲ ਜੁੜੇ ਕਾਗਜ਼ਾਤ ਆਪਣੇ ਕਬਜ਼ੇ ਵਿੱਚ ਲਏ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮਾਮਲਾ ਕਰੀਬ 116 ਕਰੋੜ ਰੁਪਏ ਤੋਂ ਵੱਧ ਦੇ ਸਮਾਰਟ ਸਿਟੀ ਫੰਡਾਂ ਦੀ ਦੁਰਵਰਤੋਂ ਅਤੇ ਜਾਅਲੀ ਲੈਣ-ਦੇਣ ਰਾਹੀਂ ਰਕਮ ਨੂੰ ਸ਼ੈੱਲ ਕੰਪਨੀਆਂ ਵਿੱਚ ਰੂਟ ਕਰਨ ਨਾਲ ਜੁੜਿਆ ਹੋਇਆ ਹੈ। ਫਿਲਹਾਲ ਜ਼ਬਤ ਕੀਤੇ ਗਏ ਸਾਰੇ ਰਿਕਾਰਡਾਂ ਅਤੇ ਡਿਜੀਟਲ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਸੀ.ਬੀ.ਆਈ. ਵੱਲੋਂ ਵੱਡੀ ਛਾਪੇਮਾਰੀ, ਕਰੋੜਾਂ ਰੁਪਏ ਦੇ ਘਪਲੇ ਨੂੰ ਲੈ ਕੇ ਐਕਸ਼ਨ

Published:






