ਨਵੀਂ ਦਿੱਲੀ/ਪੰਜਾਬ ਪੋਸਟ
ਨੀਟ ਪੇਪਰ ਲੀਕ ਮਾਮਲੇ ਅਤੇ ਦਿੱਲੀ ਵਿੱਚ ਪੁਲਿਸ ਲਾਠੀਚਾਰਜ ਦੇ ਵਿਰੋਧ ਵਿੱਚ ਕਾਕਰੋਚ ਜਨਤਾ ਪਾਰਟੀ ਯਾਨੀ ਕਿ ਸੀ.ਜੇ.ਪੀ. ਵੱਲੋਂ ਅੱਜ ਦੇਸ਼ ਭਰ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਆਗੂਆਂ ਨੇ ਐਲਾਨ ਕੀਤਾ ਹੈ ਕਿ ਇਸ ਅੰਦੋਲਨ ਨੂੰ ਸਿਰਫ਼ ਦਿੱਲੀ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ “ਹਰ ਜ਼ਿਲ੍ਹਾ, ਇੱਕ ਦਿਨ, ਇੱਕ ਮੰਗ” ਦੇ ਨਾਅਰੇ ਤਹਿਤ ਦੇਸ਼ ਦੇ ਹਰ ਜ਼ਿਲ੍ਹੇ ਵਿੱਚ ਸ਼ਾਂਤਮਈ ਰੋਸ ਮੁਜ਼ਾਹਰੇ ਕੀਤੇ ਜਾਣਗੇ ਤਾਂ ਜੋ ਹਰ ਥਾਂ ’ਤੇ ਜੰਤਰ-ਮੰਤਰ ਵਰਗਾ ਮਾਹੌਲ ਤਿਆਰ ਕਰਕੇ ਸਰਕਾਰ ’ਤੇ ਦਬਾਅ ਬਣਾਇਆ ਜਾ ਸਕੇ।
ਸੀ.ਜੇ.ਪੀ. ਦੇ ਬੁਲਾਰੇ ਸੌਰਵ ਦਾਸ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਇਹ ਦੇਸ਼ ਵਿਆਪੀ ਅੰਦੋਲਨ ਛੇੜਨਾ ਪਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਅਸਤੀਫ਼ਾ, ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਵਰਤੀ ਗਈ ਬਰਬਰਤਾ ਦੀ ਨਿਖੇਧੀ ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਸ਼ਾਮਲ ਹਨ। ਇਸ ਦੇ ਨਾਲ ਹੀ, ਦੇਸ਼ ਦੇ ਕਈ ਹਿੱਸਿਆਂ ਵਿੱਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਨੇ ਵੀ ਇਸ ਪ੍ਰਦਰਸ਼ਨ ਨੂੰ ਭਰਵਾਂ ਸਮਰਥਨ ਦਿੱਤਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਵੱਲੋਂ ਵੱਖ-ਵੱਖ ਰਾਜਾਂ ਵਿੱਚ ਵੀ ਪੁਖ਼ਤੇ ਪ੍ਰਬੰਧ ਕੀਤੇ ਗਏ ਹਨ।
ਸੀ.ਜੇ.ਪੀ. ਵੱਲੋਂ ਦੇਸ਼ ਵਿਆਪੀ ਪ੍ਰਦਰਸ਼ਨਾਂ ਦਾ ਐਲਾਨ, ਹਰ ਜ਼ਿਲ੍ਹੇ ਵਿੱਚ ਜੰਤਰ-ਮੰਤਰ ਬਣਾਉਣ ਦਾ ਸੱਦਾ

Published:






